Tajinder Bagga - ANI
ਭਾਜਪਾ ਆਗੂ ਤਜਿੰਦਰ ਪਾਲ ਬੱਗਾ ਨੂੰ ਲੈ ਕੇ ਮਚੇ ਘਮਾਸਾਨ ਵਿਚਾਲੇ ਮੋਹਾਲੀ ਦੇ DSP ਕੇ. ਐੱਸ. ਸੰਧੂ ਨੇ ਕਿਹਾ ਕਿ ਭਾਜਪਾ ਆਗੂ ਨੂੰ ਹਿਰਾਸਤ ਵਿਚ ਲੈਣ ਲਈ ਪੂਰੀ ਪ੍ਰਕਿਰਿਆ ਦੀ ਪਾਲਣਾ ਕੀਤੀ ਗਈ ਸੀ ਅਤੇ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ।
ਪੰਜਾਬ ਪੁਲਿਸ ਨੇ ਆਪਣੇ ਸਾਈਬਰ ਸੈੱਲ ਕੋਲ ਦਰਜ ਸ਼ਿਕਾਇਤ ਦੇ ਆਧਾਰ 'ਤੇ ਬੱਗਾ ਨੂੰ ਸ਼ੁੱਕਰਵਾਰ ਸਵੇਰੇ ਉਸ ਦੇ ਦਿੱਲੀ ਸਥਿਤ ਘਰ ਤੋਂ ਗ੍ਰਿਫਤਾਰ ਕੀਤਾ ਸੀ। ਭਾਜਪਾ ਆਗੂ ਨੇ 30 ਮਾਰਚ ਨੂੰ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਟਵੀਟ ਵਿਚ ਕਥਿਤ ਤੌਰ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧਮਕੀ ਦਿੱਤੀ ਸੀ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਬੱਗਾ ਦੇ ਬਿਆਨ ਤੇ ਵੀਡੀਓ ਕਲਿੱਪ ਵੀ ਸੌਂਪੇ ਸਨ।
ਤਜਿੰਦਰ ਬੱਗਾ ਨੂੰ ਸ਼ੁੱਕਰਵਾਰ ਸਵੇਰੇ ਉਸ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਦਿੱਲੀ ਪੁਲਿਸ ਨੇ ਇਸ ਕਦਮ ਖਿਲਾਫ ਪੰਜਾਬ ਪੁਲਿਸ ਦੇ ਮੁਲਾਜ਼ਮਾਂ 'ਤੇ ਅਗਵਾ ਦਾ ਮਾਮਲਾ ਦਰਜ ਕਰ ਦਿੱਤਾ। ਦਿੱਲੀ ਪੁਲਿਸ ਨੇ ਕਿਹਾ ਕਿ ਉਹ ਬੱਗਾ ਦੇ ਪਿਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਕਾਰਵਾਈ ਕਰ ਰਹੀ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਕੁਝ ਲੋਕਾਂ ਨੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕੀਤੀ। ਉਨ੍ਹਾਂ ਨੇ ਇਹ ਵੀ ਸ਼ਿਕਾਇਤ ਲਿਖਾਈ ਕਿ ਬੱਗਾ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ।